ਚੰਡੀਗੜ੍ਹ, 03 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਪੰਜਾਬ ਵਿੱਚ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸੀਜ਼ਨ ਦੌਰਾਨ ਕਰੀਬ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ, ਜਿਸ ਦੀ ਉਪਲਬਧਤਾ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਟ (ਸੀਸੀਐਲ) ਲਈ ਆਰਬੀਆਈ ਨੂੰ ਪ੍ਰਸਤਾਵ ਭੇਜਿਆ ਗਿਆ ਹੈ ਅਤੇ ਭਾਰਤੀ ਸਟੇਟ ਬੈਂਕ ਤੇ ਆਰਬੀਆਈ ਨਾਲ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਲਗਭਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਮੰਡੀਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਵੀ ਕਿਹਾ, ਤਾਂ ਜੋ ਸੂਬੇ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਵੀ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਮੰਡੀ ਵਿੱਚ ਕਿਸੇ ਕਿਸਾਨ ਨੂੰ ਮੁਸ਼ਕਲ ਆਉਣ ਦੀ ਸੂਰਤ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਪੂਰੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਅਤੇ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।