ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ 8 ਨੂੰ ਰੋਸ ਪ੍ਰਦਰਸ਼ਨ

ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

By : True Update , Sukhwinder Kaur
ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਚੰਡੀਗੜ੍ਹ, 05 ਸਤੰਬਰ (ਹਿੰ.ਸ.) : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਨੂੰ ਕਾਲੀ ਝੰਡੀ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸਿੱਧੂ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਕਥਿਤ ਤੌਰ ’ਤੇ ਤਸ਼ੱਦਦ ਕਰਨ ਦੇ ਮਾਮਲੇ ’ਤੇ ਸਰਕਾਰ ਨੂੰ ਘੇਰਿਆ ਹੈ। ਵੜਿੰਗ ਨੇ ਕਿਹਾ ਕਿ ਮੋਹਨਜੀਤ ਨਾਲ ਕੀਤੇ ਗਏ ਸਲੂਕ ’ਤੇ ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ ਹੈ। ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਅਹਿਮਦ ਸ਼ਾਹ ਅਬਦਾਲੀ ਵਾਂਗ ਵਿਵਹਾਰ ਕਰ ਰਹੇ ਹਨ ਅਤੇ ਸ਼ਾਇਦ ਇਹ ਮੰਨ ਰਹੇ ਹਨ ਕਿ ਉਹ ਹਮੇਸ਼ਾ ਸੱਤਾ ਵਿੱਚ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਆਲੋਚਨਾ ਕਰਨ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਹੱਕ ਹਰ ਨਾਗਰਿਕ ਨੂੰ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਮੋਹਨਜੀਤ ਨੂੰ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ’ਤੇ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ ਅਤੇ ਬਿਜਲੀ ਦੇ ਝਟਕੇ ਦਿੱਤੇ ਗਏ। ਵੜਿੰਗ ਮੁਤਾਬਕ ਮੋਹਨਜੀਤ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਗਏ ਅਤੇ ਬਾਅਦ ਵਿੱਚ ਕਰਵਾਏ ਡੋਪ ਟੈਸਟ ਵਿੱਚ ਉਹ ਪਾਜ਼ਿਟਿਵ ਆਇਆ। ਵੜਿੰਗ ਨੇ ਕਿਹਾ ਕਿ ਪੁਲਿਸ ਵੱਲੋਂ ਮੋਹਨਜੀਤ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੇ ਸੇਵਨ ਸਬੰਧੀ ਦਰਜ ਕੀਤੀ ਗਈ ਐਫ. ਆਈ. ਆਰ. ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਤਸ਼ੱਦਦ ਅਤੇ ਕਥਿਤ ਝੂਠੀ ਐਫਆਈਆਰ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਮੋਹਨਜੀਤ ਦੇ ਨਾਲ ਖੜ੍ਹੀ ਹੈ। ਵੜਿੰਗ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕਾਂਗਰਸ ਵੱਲੋਂ 8 ਸਤੰਬਰ ਨੂੰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਜਲਦ ਐਲਾਨ ਕੀਤਾ ਜਾਵੇਗਾ।