ਅੰਮ੍ਰਿਤਸਰ, 07 ਸਤੰਬਰ (ਹਿੰ.ਸ.) : ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਇਲਾਕਾ ਨਿਵਾਸੀਆਂ ਅਤੇ ਸਥਾਨਕ ਸਾਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਫਾਈ ਅਭਿਆਨ ਤਹਿਤ ਓਮ ਜੀ ਪਾਰਕ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵਿਸ਼ੇਸ਼ ਸਫਾਈ ਕੀਤੀ ਗਈ। ਪਾਰਕ ਵਿੱਚੋਂ ਕੂੜਾ-ਕਰਕਟ, ਸੁੱਕੇ ਪੱਤੇ ਅਤੇ ਹੋਰ ਗੰਦਗੀ ਹਟਾ ਕੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਸਫਾਈ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤੰਦਰੁਸਤ ਤੇ ਖੁਸ਼ਹਾਲ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪਾਰਕਾਂ, ਗਲੀਆਂ, ਸੜਕਾਂ ਅਤੇ ਹੋਰ ਜਨਤਕ ਸਥਾਨਾਂ ਦੀ ਸਫਾਈ ਸਾਰੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਸਫਾਈ ਕਾਰਜਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਡਾ. ਸੰਧੂ ਨੇ ਕਿਹਾ ਕਿ ਸਫਾਈ ਨੂੰ ਸਿਰਫ਼ ਵਿਸ਼ੇਸ਼ ਮੁਹਿੰਮਾਂ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ “ਸਾਫ਼ ਅੰਮ੍ਰਿਤਸਰ–ਸਿਹਤਮੰਦ ਅੰਮ੍ਰਿਤਸਰ” ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੱਤਾ।