ਨਾਭਾ, 1 ਸਤੰਬਰ (ਹਿੰ.ਸ.) : ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਕਕਰਾਲਾ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ। ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਪੀੜਤ ਨੌਜਵਾਨਾਂ ਸੰਦੀਪ ਸਿੰਘ ਅਤੇ ਰਜੰਤ ਸਿੰਘ ਰਾਜ਼ੀ ਨੇ ਦੋਸ਼ ਲਗਾਇਆ ਕਿ ਉਹ ਪਿੰਡ ਵਿੱਚ ਰਾਜ ਮਿਸਤਰੀ ਦਾ ਕੰਮ ਕਰ ਰਹੇ ਸਨ। ਰਾਤ ਸਮੇਂ ਘਰ ਵਿੱਚ ਚੋਰੀ ਹੋਣ ਤੋਂ ਬਾਅਦ ਉਨ੍ਹਾਂ ’ਤੇ ਚੋਰੀ ਦਾ ਦੋਸ਼ ਲਗਾ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਨੌਜਵਾਨਾਂ ਨੇ ਦੋਸ਼ ਲਗਾਇਆ ਕਿ ਪੁਲਿਸ ਚੌਕੀ ਛੀਂਟਾਂਵਾਲਾ ਦੇ ਇੰਚਾਰਜ ਅਤੇ ਹੋਰ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਨੰਗਾ ਕਰਕੇ ਕਰੰਟ ਲਗਾਇਆ। ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਕੈਂਥ ਨੇ ਕਿਹਾ ਕਿ ਜੇਕਰ ਨੌਜਵਾਨਾਂ ਵੱਲੋਂ ਲਗਾਏ ਦੋਸ਼ ਜਾਂਚ ਵਿੱਚ ਸਹੀ ਪਾਏ ਜਾਂਦੇ ਹਨ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਉਣ, ਪੀੜਤਾਂ ਦਾ ਮੈਡੀਕਲ ਕਰਵਾਉਣ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਜਪਾ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਨੂੰ ਦਬਾਉਣ ਜਾਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਐਸ.ਸੀ. ਮੋਰਚਾ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਏਗਾ।