ਮਲੋਟ, 16 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਬਲਜੀਤ ਕੌਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੇਂਡੂ ਅਤੇ ਸ਼ਹਿਰੀ ਪੱਧਰ ’ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਨਸ਼ਾ ਵੇਚਣ ਵਾਲਿਆਂ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਤੌਰ ’ਤੇ ਬਣੀਆਂ ਇਮਾਰਤਾਂ ਨੂੰ ਵੀ ਪ੍ਰਸ਼ਾਸਨ ਦੀ ਮਦਦ ਨਾਲ ਢਾਹਿਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਕਰੀਬ 3,000 ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਜਿੰਮ’ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੀਆਂ 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਗਈਆਂ। ਨਸ਼ਿਆਂ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਾਟਕ ‘ਆਓ ਕੋਸ਼ਿਸ਼ ਕਰੀਏ’, ਮਲਵਈ ਗਿੱਧਾ ਅਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਲੜਕੀ ਮਾਰੀਆ ਵੱਲੋਂ ਸੋਲੋ ਡਾਂਸ ਵੀ ਪੇਸ਼ ਕੀਤਾ ਗਿਆ