ਬਟਾਲਾ, 09 ਸਤੰਬਰ (ਹਿੰ.ਸ.) : ਸਥਾਨਕ ਆਈ.ਟੀ.ਆਈ. ਬਟਾਲਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਆਪਣੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਸਰਕਾਰ ਦੀ ਮੁਹਿੰਮ ਜਾਰੀ ਹੈ। ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਇਹ ਚੌਥਾ ਸੀਜ਼ਨ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡਾਂ ਅਤੇ ਚਾਰ ਪੈਰਾ-ਖੇਡਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਵੱਖ-ਵੱਖ ਪੀੜ੍ਹੀਆਂ ਨੂੰ ਇੱਕ ਮੰਚ ’ਤੇ ਲਿਆਉਣ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਾਲ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਨੂੰ ਵੀ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਜੇਤੂ ਖਿਡਾਰੀਆਂ ਲਈ ਕੁੱਲ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਵਾਰ ਵੈਟਰਨ ਖਿਡਾਰੀਆਂ ਲਈ ਵੀ ਨਕਦ ਇਨਾਮ ਸ਼ਾਮਲ ਹਨ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ। ਇਸ ਮੌਕੇ ਜ਼ਿਲ੍ਹਾ ਖੇਡ ਵਿਭਾਗ ਗੁਰਦਾਸਪੁਰ ਵੱਲੋਂ ਅੰਮ੍ਰਿਤ ਕਲਸੀ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਕੋਚ, ਅਧਿਆਪਕ ਅਤੇ ਖਿਡਾਰੀ ਵੀ ਮੌਜੂਦ ਸਨ।
ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ
ਬਟਾਲਾ 'ਚ ‘ਖੇਡਾਂ ਵਤਨ ਪੰਜਾਬ ਦੀਆਂ-4’ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਪ੍ਰਤਿਭਾ ਨਿਖਾਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ: ਅੰਮ੍ਰਿਤ ਕਲਸੀ
By :
True Update
,
Kamaljeet Singh Kamal
•