ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ: ਮੁੰਡੀਆਂ
ਫਰੀਦਕੋਟ, 07 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨ ਦੀ ਨੀਤੀ ਅਪਣਾਈ ਹੈ। ਫਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਨੁਕਤੀ ਐਪ’ ਅਤੇ ‘ਸੇਫ ਪੰਜਾਬ ਹੈਲਪਲਾਈਨ 97791-00200’ ਉੱਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਰੀਦਕੋਟ ਵਿੱਚ ‘ਸੇਫ ਪੰਜਾਬ ਹੈਲਪਲਾਈਨ’ ਦੇ ਜ਼ਰੀਏ ਹੁਣ ਤੱਕ 755 ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 339 ਮਾਮਲਿਆਂ ਵਿੱਚ ਮੁਕੱਦਮੇ ਦਰਜ ਹੋਏ ਹਨ। ਉਨ੍ਹਾਂ ਨੇ ਐੱਸ.ਐੱਸ.ਪੀ. ਨੂੰ ਇਨ੍ਹਾਂ ਹਾਟ ਸਪਾਟ ਖੇਤਰਾਂ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਖ਼ਤਮ ਕਰਨ ਲਈ ਕਾਰਵਾਈ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਪੀੜਤਾਂ ਦੇ ਇਲਾਜ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਦੇ ਖ਼ਾਤਮੇ ਲਈ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਵੀ ਜ਼ਰੂਰੀ ਹੈ।ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।