ਜਲਦ ਰੋਜ਼ਾਨਾ ਛੇ ਬੱਸਾਂ ਚਲਾਉਣ ਦਾ ਟੀਚਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ ਵਿਧਾਇਕ ਕੁਲਵੰਤ ਸਿੰਘ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

By : True Update , Sukhwinder Kaur
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ ਵਿਧਾਇਕ ਕੁਲਵੰਤ ਸਿੰਘ ਨੇ ਦਿਖਾਈ ਹਰੀ ਝੰਡੀ

ਮੋਹਾਲੀ,  (ਹਿੰ.ਸ.) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਪਿੰਡ ਗੀਗੇ ਮਾਜਰਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇੱਕੋ ਪਿੰਡ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਹੋਈਆਂ ਹਨ, ਜੋ ਲੋਕਾਂ ਦੇ ਉਤਸ਼ਾਹ ਅਤੇ ਯੋਜਨਾ ਦੀ ਵਧਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਤੀਜੀ ਬੱਸ ਪਿੰਡ ਗਿੱਦੜਪੁਰ ਤੋਂ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਸਫਲ ਸਾਬਤ ਹੋ ਰਹੀ ਹੈ। ਪਹਿਲਾਂ ਹਲਕੇ ਵਿੱਚੋਂ ਇੱਕ ਬੱਸ ਚਲਾਈ ਜਾਂਦੀ ਸੀ, ਪਰ ਸ਼ਰਧਾਲੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਹੁਣ ਰੋਜ਼ਾਨਾ ਤਿੰਨ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਹਰ ਬੱਸ ਵਿੱਚ ਮੈਡੀਕਲ ਟੀਮ ਅਤੇ ਗਾਈਡ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸ਼ਰਧਾਲੂਆਂ ਦੇ ਰਹਿਣ ਲਈ ਏਅਰ ਕੰਡੀਸ਼ਨਡ ਹੋਟਲਾਂ ਵਿੱਚ ਕਮਰਿਆਂ ਦਾ ਪ੍ਰਬੰਧ ਅਤੇ ਖਾਣ-ਪੀਣ ਦੀਆਂ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਜਿੱਥੋਂ ਬੱਸ ਵਿੱਚ ਸਵਾਰ ਕਰਵਾਇਆ ਜਾਂਦਾ ਹੈ, ਯਾਤਰਾ ਪੂਰੀ ਹੋਣ ਉਪਰੰਤ ਉੱਥੇ ਹੀ ਸੁਰੱਖਿਅਤ ਵਾਪਸ ਲਿਆਂਦਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਹਰਿਦੁਆਰ, ਖਾਟੂ ਸ਼ਿਆਮ ਅਤੇ ਹੋਰ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਚਲਾਈਆਂ ਜਾਣਗੀਆਂ। ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ਼ਰਧਾਲੂਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਹਲਕੇ ਤੋਂ ਰੋਜ਼ਾਨਾ ਛੇ ਬੱਸਾਂ ਰਵਾਨਾ ਕਰਨ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਯੋਜਨਾ ਲਈ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇੱਕੋ ਪਿੰਡ ਤੋਂ ਦੋ ਬੱਸਾਂ ਰਾਹੀਂ ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸਤਨਾਮ ਸਿੰਘ, ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।