ਪੰਜਾਬ ਵਿੱਚ ਕਰਮਚਾਰੀਆਂ ਦਾ ਸਮਰਥਨ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰੇਗੀ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

By : True Update , Harpreet Singh

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰੇਗੀ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,(ਹਿੰ.ਸ.) ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਆਦਾਤਰ ਮੰਗਾਂ ਨੂੰ ਪ੍ਰਸ਼ਾਸਕੀ ਪ੍ਰਕਿਰਿਆ ਰਾਹੀਂ ਜਲਦ ਪੂਰਾ ਕੀਤਾ ਜਾਵੇਗਾ। ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣ ਰਹੀ ਹੈ ਅਤੇ ਹਰ ਜਾਇਜ਼ ਮੰਗ ਦਾ ਹਮਦਰਦੀ ਅਤੇ ਸਕਾਰਾਤਮਕ ਸੋਚ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ ਪ੍ਰਭਾਵਿਤ ਮੁਲਾਜ਼ਮਾਂ ਨੂੰ ਜਲਦ ਰਾਹਤ ਦੇਣ ਲਈ ਕੰਮ ਕਰ ਰਹੀ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਤਨਖਾਹ ਜਾਰੀ ਕਰਨ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਮਾਜਿਕ ਸੁਰੱਖਿਆ ਸਰਕਾਰ ਦੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਲਗਾਤਾਰ ਸੰਵਾਦ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।