ਚੰਡੀਗੜ੍ਹ, (ਹਿੰ.ਸ.) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਮੁਲਾਜ਼ਮਾਂ ਦੀ 21 ਜੁਲਾਈ ਤੋਂ ਚੱਲ ਰਹੀ ਸਮੂਹਿਕ ਛੁੱਟੀ ਅਤੇ ਹੜਤਾਲ ਕਾਰਨ ਬਿਜਲੀ ਸਪਲਾਈ ਅਤੇ ਖਪਤਕਾਰ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ। ਵੱਧ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਪੀਐਸਪੀਸੀਐਲ ਪ੍ਰਬੰਧਨ ਨੇ ਹੜਤਾਲ 'ਤੇ ਗਏ ਮੁਲਾਜ਼ਮਾਂ ਲਈ 'ਨੋ ਵਰਕ, ਨੋ ਪੇ' (ਕੰਮ ਨਹੀਂ, ਤਨਖ਼ਾਹ ਨਹੀਂ) ਦਾ ਫ਼ਾਰਮੂਲਾ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਬੰਧਨ ਨੇ ਸਪੱਸ਼ਟ ਕੀਤਾ ਹੈ ਕਿ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿੱਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਦੀ ਇਸ ਮਿਆਦ ਦੀ ਤਨਖ਼ਾਹ ਕੱਟੀ ਜਾਵੇਗੀ। ਨਾਲ ਹੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਵਾਪਸ ਆਉਣ ਦੀ ਅਪੀਲ ਵੀ ਕੀਤੀ ਗਈ ਹੈ। ਹਾਲਾਂਕਿ ਮੁਲਾਜ਼ਮ ਜਥੇਬੰਦੀਆਂ ਨੇ 25 ਅਤੇ 26 ਜੁਲਾਈ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਸ ਨੂੰ ਹੋਰ ਅੱਗੇ ਵਧਾਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਮੇਤ ਕਈ ਜਥੇਬੰਦੀਆਂ ਨਾਲ ਸਬੰਧਤ ਮੁਲਾਜ਼ਮ ਹੜਤਾਲ 'ਤੇ ਹਨ। ਜਥੇਬੰਦੀਆਂ ਨੇ ਪਹਿਲਾਂ 21 ਤੋਂ 24 ਜੁਲਾਈ ਤੱਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਸੀ, ਪਰ ਮੰਗਾਂ ਸਬੰਧੀ ਪ੍ਰਬੰਧਨ ਨਾਲ ਸਹਿਮਤੀ ਨਾ ਬਣਨ ਕਾਰਨ ਹੜਤਾਲ ਨੂੰ 25 ਅਤੇ 26 ਜੁਲਾਈ ਤੱਕ ਵਧਾ ਦਿੱਤਾ ਗਿਆ। ਹੜਤਾਲ ਕਾਰਨ ਸੂਬੇ ਭਰ ਵਿੱਚ ਬਿਜਲੀ ਨਾਲ ਸਬੰਧਤ ਕੰਮ ਪ੍ਰਭਾਵਿਤ ਹੋ ਰਹੇ ਹਨ। ਫੀਲਡ ਸਟਾਫ਼ ਦੀ ਘਾਟ ਕਾਰਨ ਟਰਾਂਸਫਾਰਮਰਾਂ ਦੇ ਨੁਕਸ, ਤਕਨੀਕੀ ਖ਼ਰਾਬੀਆਂ ਅਤੇ ਬਿਜਲੀ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਦੇਰੀ ਹੋ ਰਹੀ ਹੈ। ਨਵੇਂ ਬਿਜਲੀ ਕੁਨੈਕਸ਼ਨ, ਬਿੱਲਾਂ ਦੀਆਂ ਗਲਤੀਆਂ ਅਤੇ ਹੋਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ, ਜਿਸ ਕਾਰਨ ਖਪਤਕਾਰਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪੀਐਸਪੀਸੀਐਲ ਪ੍ਰਬੰਧਨ ਨੇ ਸਾਰੇ ਇੰਜੀਨੀਅਰ-ਇਨ-ਚੀਫ਼, ਜਨਰਲ ਮੈਨੇਜਰਾਂ ਅਤੇ ਮੁੱਖ ਇੰਜੀਨੀਅਰਾਂ ਨੂੰ ਜਾਰੀ ਪੱਤਰ ਵਿੱਚ ਹਦਾਇਤ ਦਿੱਤੀ ਹੈ ਕਿ ਹੜਤਾਲ ਜਾਂ ਸਮੂਹਿਕ ਛੁੱਟੀ 'ਤੇ ਰਹਿਣ ਵਾਲੇ ਮੁਲਾਜ਼ਮਾਂ ਦੀ ਇਸ ਮਿਆਦ ਨੂੰ 'ਡਾਈਜ਼ ਨਾਨ' ਮੰਨਿਆ ਜਾਵੇ। ਇਸ ਤਹਿਤ ਹੜਤਾਲ ਦੇ ਦਿਨਾਂ ਨੂੰ ਡਿਊਟੀ ਤੋਂ ਗੈਰਹਾਜ਼ਰੀ ਵਜੋਂ ਦਰਜ ਕਰਕੇ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਪ੍ਰਬੰਧਨ ਦਾ ਕਹਿਣਾ ਹੈ ਕਿ ਜੇਕਰ ਹਾਲਾਤ 'ਤੇ ਜਲਦੀ ਕਾਬੂ ਨਾ ਪਾਇਆ ਗਿਆ ਤਾਂ ਸੂਬੇ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਨਿਯਮਤ ਕੰਮਕਾਜ ਜਾਰੀ ਰੱਖਣਾ ਮੁਸ਼ਕਲ ਹੋ ਸਕਦਾ ਹੈ। ਇਸ ਲਈ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਪੀਐਸਪੀਸੀਐਲ ਹੜਤਾਲ ਕਾਰਨ ਬਿਜਲੀ ਖ਼ਰਾਬੀ
ਪੀਐਸਪੀਸੀਐਲ ਪ੍ਰਬੰਧਨ ਹੜਤਾਲ 'ਤੇ ਹੋਇਆ ਸਖ਼ਤ, ਹੜਤਾਲ ’ਤੇ ਗਏ ਮੁਲਾਜ਼ਮਾਂ ਲਈ 'ਨੋ ਵਰਕ, ਨੋ ਪੇਅ' ਲਾਗੂ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਦੀ 21 ਜੁਲਾਈ ਤੋਂ ਚੱਲ ਰਹੀ ਸਮੂਹਿਕ ਛੁੱਟੀ ਅਤੇ ਹੜਤਾਲ ਕਾਰਨ ਬਿਜਲੀ ਸਪਲਾਈ ਅਤੇ ਖਪਤਕਾਰ ਸੇਵਾਵਾਂ ਪ੍ਰਭਾਵਿਤ ਹੋਣ ਲੱਗੀਆਂ ਹਨ।
By :
True Update
,
Harpreet Singh
•