ਲਾਭਪਾਤਰੀ ਪਰਿਵਾਰਾਂ ਨੂੰ ਮਿਲਿਆ ਰੋਜ਼ਗਾਰ

ਪੰਜਾਬ ਸਰਕਾਰ ਦੇ ਯਤਨਾਂ ਨਾਲ ਪੇਂਡੂ ਵਿਕਾਸ ਨੂੰ ਮਿਲ ਰਿਹਾ ਵੱਡਾ ਹੁਲਾਰਾ: ਸੌਂਦ

‘ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ’ ਤਹਿਤ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ

By : True Update , Harpreet Singh
ਪੰਜਾਬ ਸਰਕਾਰ ਦੇ ਯਤਨਾਂ ਨਾਲ ਪੇਂਡੂ ਵਿਕਾਸ ਨੂੰ ਮਿਲ ਰਿਹਾ ਵੱਡਾ ਹੁਲਾਰਾ: ਸੌਂਦ

ਚੰਡੀਗੜ੍ਹ, 14 ਸਤੰਬਰ (ਹਿੰ.ਸ.) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ)’ (ਵੀਬੀ-ਜੀ ਰਾਮ ਜੀ) ਤਹਿਤ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਜੁਲਾਈ 2026 ਤੋਂ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਇਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਰੋਜ਼ਗਾਰ ਦੇ ਮੌਕੇ ਮਿਲੇ ਹਨ। ਸਰਕਾਰ ਵੱਲੋਂ ਨਵੇਂ ਲਾਭਪਾਤਰੀਆਂ ਨੂੰ ਵੀ ਸਕੀਮ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨਵੀਂ ਸਕੀਮ ਨਾਲ ਸੂਬਿਆਂ ’ਤੇ ਵਾਧੂ ਵਿੱਤੀ ਬੋਝ ਪੈਣ ਦੇ ਬਾਵਜੂਦ ਪੰਜਾਬ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਉਜਰਤਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਭੁਗਤਾਨ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਕੀਮ ਤਹਿਤ ਛੱਪੜਾਂ ਦੀ ਮੁਰੰਮਤ ਤੇ ਨਵੀਨੀਕਰਨ, ਪਾਰਕਾਂ ਦਾ ਵਿਕਾਸ, ਪੌਦੇ ਲਗਾਉਣ, ਜਲ ਸੰਭਾਲ, ਜਲ ਸਰੋਤਾਂ ਦੇ ਵਿਕਾਸ, ਗਲੀਆਂ-ਨਾਲੀਆਂ ਦੀ ਉਸਾਰੀ ਅਤੇ ਸੜਕਾਂ ਨਾਲ ਸਬੰਧਤ ਕੰਮ ਸਮੇਤ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਨਾਲ ਪੇਂਡੂ ਬੁਨਿਆਦੀ ਢਾਂਚਾ ਮਜ਼ਬੂਤ ਹੋਣ ਦੇ ਨਾਲ ਲੋਕਾਂ ਨੂੰ ਪਿੰਡਾਂ ਵਿੱਚ ਹੀ ਰੋਜ਼ਗਾਰ ਮਿਲ ਰਿਹਾ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਵਧੇਰੇ ਵਿਕਸਤ, ਆਤਮ-ਨਿਰਭਰ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਉਣਾ ਹੈ।