ਆਰਥਿਕ ਤੰਗੀ ਕਾਰਨ ਕਿਸੇ ਵੀ ਬੱਚੇ ਦੀ ਪੜ੍ਹਾਈ ਨਹੀਂ ਰੁਕੇਗੀ

ਪੰਜਾਬ ਸਰਕਾਰ ਨੇ 2026-27 ਲਈ ਐਸਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ 40 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼ : ਡਾ. ਬਲਜੀਤ ਕੌਰ

ਐਸਸੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ

By : True Update , Kamaljeet Singh Kamal
ਪੰਜਾਬ ਸਰਕਾਰ ਨੇ 2026-27 ਲਈ ਐਸਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ 40 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼ : ਡਾ. ਬਲਜੀਤ ਕੌਰ

ਚੰਡੀਗੜ੍ਹ, 14 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚਾਉਣ ਲਈ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਪਿੱਛੜੇ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸਸੀ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਲਾਭ ਪਹੁੰਚਾਉਣ ਵਾਸਤੇ ₹40 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵਜ਼ੀਫਾ ਯੋਜਨਾ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਐਸਸੀ ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਤਰੱਕੀ ਦੀ ਮਜ਼ਬੂਤ ਨੀਂਹ ਹੈ ਅਤੇ ਹਰ ਬੱਚੇ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਇਸ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਐਸਸੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਵਜ਼ੀਫਾ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਨ, ਯੋਗ ਪਰਿਵਾਰਾਂ ਤੱਕ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਲੋੜਵੰਦ ਵਿਦਿਆਰਥੀ ਨੂੰ ਵਿੱਤੀ ਸਹਾਇਤਾ ਮਿਲਣ ਵਿੱਚ ਬੇਲੋੜੀ ਦੇਰੀ ਨਾ ਹੋਵੇ।