ਅਪਰਾਧ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਹੋਈ ਪਛਾਣ

ਲੁਧਿਆਣਾ 'ਚ ਪ੍ਰਾਪਰਟੀ ਡੀਲਰ ਕਤਲ ਕੇਸ 'ਚ ਸ਼ਾਮਲ ਦੋ ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

By : True Update , Harmanjot Singh
ਲੁਧਿਆਣਾ 'ਚ ਪ੍ਰਾਪਰਟੀ ਡੀਲਰ ਕਤਲ ਕੇਸ 'ਚ ਸ਼ਾਮਲ ਦੋ ਵਿਅਕਤੀ ਗ੍ਰਿਫਤਾਰ

ਲੁਧਿਆਣਾ, 11 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਕਈ ਵਿਅਕਤੀਆਂ ਨੇ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਰਜਿੰਦਰ ਸਿੰਘ  'ਤੇ ਹਮਲਾ ਕਰ ਦਿੱਤਾ ਸੀ,ਹਮਲੇ ਦੌਰਾਨ ਉਸ ਦੀ ਮੌਤ ਹੋ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਇਰਾਦਾ-ਏ-ਕਤਲ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਲੁਧਿਆਣਾ ਸ਼ਹਿਰ ਦੇ ਖੇਤਰ ਵਿੱਚ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ। ਡੀਜੀਪੀ ਨੇ ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। 
           ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੂੰ ਹਰਜਿੰਦਰ ਸਿੰਘ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਖੂਫ਼ੀਆ ਜਾਣਕਾਰੀ ਮਿਲੀ ਸੀ, ਜਿਸ ਨੂੰ ਤੁਰੰਤ ਟੈਕਨੀਕਲ ਸੈੱਲ ਨਾਲ ਸਾਂਝਾ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਬਣਾ ਕੇ ਰੱਖੀ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਟਿੱਬਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ।