ਖੇਡਾਂ ਨੂੰ ਪੰਜਾਬ ਭਰ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ’ਚ ਸਿਰਜਿਆ ਓਲੰਪਿਕ ਵਰਗਾ ਮਾਹੌਲ : ਡਾ. ਚੱਬੇਵਾਲ

ਖੇਡਾਂ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨਿਖਾਰਨ ਦੇ ਨਾਲ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਬਣ ਰਹੀਆਂ ਨੇ ਮਜ਼ਬੂਤ ਸਾਧਨ

By : True Update , Harmanjot Singh
‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ’ਚ ਸਿਰਜਿਆ ਓਲੰਪਿਕ ਵਰਗਾ  ਮਾਹੌਲ : ਡਾ. ਚੱਬੇਵਾਲ

ਫਗਵਾੜਾ, 10 ਸਤੰਬਰ (ਹਿੰ.ਸ.) : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੂਰੇ ਸੂਬੇ ਵਿੱਚ ਓਲੰਪਿਕ ਵਰਗਾ ਖੇਡ ਮਾਹੌਲ ਸਿਰਜ ਦਿੱਤਾ ਹੈ ਅਤੇ ਇਹ ਉਪਰਾਲਾ ਪੰਜਾਬ ਦੀ ਨੌਜਵਾਨ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਅਹਿਮ ਮੰਚ ਬਣ ਰਿਹਾ ਹੈ। ਉਹ ਸਕੂਲ ਆਫ਼ ਐਮੀਨੈਂਸ ਫਗਵਾੜਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਐਡੀਸ਼ਨ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਪੰਜਾਬ ਭਰ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਮੌਜੂਦ ਉਤਸ਼ਾਹ ਦਾ ਪ੍ਰਗਟਾਵਾ ਹੈ। ਵੱਡੀ ਗਿਣਤੀ ਵਿੱਚ ਖਿਡਾਰੀ ਪੂਰੇ ਜੋਸ਼ ਅਤੇ ਮੁਕਾਬਲੇ ਦੀ ਭਾਵਨਾ ਨਾਲ ਹਿੱਸਾ ਲੈ ਰਹੇ ਹਨ ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਛੁਪੀ ਖੇਡ ਪ੍ਰਤਿਭਾ ਨੂੰ ਪਛਾਣਨ ਤੇ ਨਿਖਾਰਨ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਨਾਲ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਖੇਤਰ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਬੁਨਿਆਦੀ ਢਾਂਚੇ ’ਤੇ ਕੀਤਾ ਜਾ ਰਿਹਾ ਨਿਵੇਸ਼ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਵਿੱਚ ਨਿਵੇਸ਼ ਹੈ। ਸੰਸਦ ਮੈਂਬਰ ਨੇ ਕਿਹਾ ਕਿ ਖੇਡ ਮੈਦਾਨਾਂ ਅਤੇ ਖੇਡ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਪਾਸੇ ਲਗਾਉਣ ਦੇ ਮੌਕੇ ਮਿਲ ਰਹੇ ਹਨ। ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਦੇ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।