ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ

ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਹਿਲਾ ਸਖੀਆਂ ਦੀ ਅਹਿਮ ਭੂਮਿਕਾ

By : True Update , Harmanjot Singh
 ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ, 2 ਸਤੰਬਰ (ਹਿੰ.ਸ.) : ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਸਨਮਾਨ ਕੀਤਾ। ਸਟਾਰ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਮੰਤਰੀ ਨੇ ਮਹਿਲਾ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਹਿਲਾ ਸਖੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਮਿਹਨਤ, ਸਹਿਯੋਗ ਅਤੇ ਸਮਰਪਣ ਸਦਕਾ ਵੱਡੀ ਗਿਣਤੀ ਵਿੱਚ ਮਾਵਾਂ-ਧੀਆਂ ਨੂੰ ਯੋਜਨਾ ਦਾ ਲਾਭ ਮਿਲਣਾ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਵਿੱਚ ਮਹਿਲਾ ਸਖੀਆਂ ਵੱਲੋਂ ਕੁੱਲ 64,212 ਕੇਸ ਰਜਿਸਟਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 23,770 ਕੇਸ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਪਰੇਸ਼ਾਨੀ ਦੇ ਅਸਲ ਹੱਕਦਾਰਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਪ੍ਰਤੀ ਸਤਿਕਾਰ, ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਯੋਜਨਾ ਨੂੰ ਸਫ਼ਲ ਬਣਾਉਣ ਵਾਲੀਆਂ ਸਾਰੀਆਂ ਮਹਿਲਾ ਸਖੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਮਿਹਨਤ ਨੂੰ ਪ੍ਰੇਰਣਾਦਾਇਕ ਦੱਸਿਆ। ਇਸ ਮੌਕੇ ਸੁਹਿੰਦਰ ਕੌਰ, ਮਾਤਾ ਸੁਰਿੰਦਰ ਕੌਰ, ਮਹਿਲਾ ਵਿੰਗ ਤੋਂ ਸੀਮਾ ਸੋਢੀ, ਸੁਖਬੀਰ ਕੌਰ, ਸੁਨੈਨਾ ਰੰਧਾਵਾ, ਗੀਤਾ ਗਿੱਲ ਅਤੇ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨ ਵੀ ਮੌਜੂਦ ਸਨ।